15th January 2020 at 4:10 PM
18 ਨੂੰ ਹੀ ਹੋਵੇਗਾ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ ਜਨਰਲ ਇਜਲਾਸ
ਲੁਧਿਆਣਾ: 15 ਜਨਵਰੀ 2020: (ਸਾਹਿਤ ਸਕਰੀਨ ਬਿਊਰੋ)::
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਡਾ. ਰਵਿੰਦਰ ਸਿੰਘ ਰਵੀ ਲੈਕਚਰ ‘ਦੇਸ਼ ਨੂੰ ਮੌਜੂਦਾ ਆਰਥਿਕ ਚੁਣੌਤੀਆਂ ਦਾ ਵਿਸ਼ਲੇਸ਼ਣ’ ਵਿਸ਼ੇ ’ਤੇ ਡਾ. ਅਰੁਣ ਕੁਮਾਰ, ਪ੍ਰੋਫ਼ੈਸਰ ਜੇ.ਐਨ.ਯੂ. ਦਿੱਲੀ ਵਿਸ਼ੇਸ਼ ਭਾਸ਼ਣ ਦੇਣਗੇ। ਡਾ. ਰਵਿੰਦਰ ਸਿੰਘ ਰਵੀ ਯਾਦਗਾਰੀ ਪੁਰਸਕਾਰ ਇਸ ਵਾਰ ਉੱਘੇ ਕਹਾਣੀਕਾਰ ਅਤੇ ਆਲੋਚਕ ਡਾ. ਬਲਦੇਵ ਸਿੰਘ ਧਾਲੀਵਾਲ ਨੂੰ ਭੇਟਾ ਕੀਤਾ ਜਾ ਰਿਹਾ ਹੈ। ਡਾ. ਬਲਦੇਵ ਸਿੰਘ ਧਾਲੀਵਾਲ ਹੋਰਾਂ ਦੀ ਸਾਹਿਤਕ ਦੇਣ ਬਾਰੇ ਸ. ਪਰਮਜੀਤ ਸਿੰਘ ਪੇਪਰ ਪੜ੍ਹਨਗੇ। ਲੈਕਚਰ ਅਤੇ ਸਨਮਾਨ ਸਮਾਗਮ 18 ਜਨਵਰੀ, ਦਿਨ ਸ਼ਨੀਵਾਰ ਨੂੰ ਸਵੇਰੇ 10.30 ਵਜੇ ਪੰਜਾਬੀ ਭਵਨ, ਲੁਧਿਆਣਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।
ਉਪਰੋਕਤ ਜਾਣਕਾਰੀ ਦਿੰਦਿਆਂ ਪੰਜਾਬੀ ਸਾਹਿਤ ਅਕਾਡਮੀ ਦੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਪੰਜਾਬੀ ਸਾਹਿਤ ਅਕਾਡਮੀ ਦੇ ਸਮੂਹ ਮੈਂਬਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਇਸੇੇ ਦਿਨ ਦੁਪਹਿਰ 2 ਵਜੇ ਹੋਣ ਵਾਲੇ ਜਨਰਲ ਇਜਲਾਸ ਵਿਚ ਪਹੁੰਚਣ ਦੀ ਕਿਰਪਾਲਤਾ ਕਰਨ। ਪ੍ਰੈੱਸ ਸਕੱਤਰ ਡਾ. ਗੁਰਇਕਬਾਲ ਸਿੰਘ ਵੱਲੋਂ ਜਾਰੀ ਪ੍ਰੈਸ ਨੋਟ ਅਨੁਸਾਰ ਸਮਾਗਮ ਦੇ ਕਨਵੀਨਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਦਸਿਆ ਕਿ ਸਮਾਗਮ ਦੀ ਪ੍ਰਧਾਨਗੀ ਅਕਾਡਮੀ ਦੇ ਸਾਬਕਾ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ ਕਰਨਗੇ ਅਤੇ ਸਵਾਗਤੀ ਸ਼ਬਦ ਅਕਾਡਮੀ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਕਹਿਣਗੇ। ਉਨ੍ਹਾਂ ਅਕਾਡਮੀ ਵਲੋਂ ਸਮੂਹ ਪੰਜਾਬੀ ਪਿਆਰਿਆਂ ਅਤੇ ਸਾਹਿਤ ਪ੍ਰੇਮੀਆਂ ਨੂੰ ਸਮਾਗਮ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
No comments:
Post a Comment